ਗੁਰਦਾਸਪੁਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ ਟੀ ਓ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ: ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਗੁਰਦਾਸਪੁਰ ਦੇ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਰੀ ਸਿੰਘ ਜੀ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਨਗਰ ਕੀਰਤਨ ਦੇ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ. ਟੀ. ਓ. ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ।
ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਜੁਗੋ-ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਅਤੇ ਪੰਜ ਪਿਆਰਿਆਂ ਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਗਤ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ।
