ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿੱਚ ਲਿਆ ਹਿੱਸਾ
ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਦੋਵਾਂ ਆਗੂਆਂ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸਿੱਖ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਤੋਂ ਬਾਅਦ ਕੀਤੀ ਅਰਦਾਸ ਵਿੱਚ ਹਿੱਸਾ ਲਿਆ। ਉਹ ਸ਼ੁਕਰਾਨਾ ਕਰਨ ਲਈ ਪੁੱਜੀ ਵੱਡੀ ਗਿਣਤੀ ਸੰਗਤ ਵਿੱਚ ਸ਼ਾਮਲ ਹੋਏ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਦੋਵਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ।

ਇਸ ਮੌਕੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਿੱਖ ਧਰਮ ਨੇ ਦੁਨੀਆ ਵਿੱਚ ਬਰਾਬਰੀ ਅਤੇ ਧਰਮ ਨਿਰਪੱਖਤਾ ਦਾ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਮਨੁੱਖ ਲਈ ਭਾਈਚਾਰੇ, ਧਰਮ ਨਿਰਪੱਖਤਾ ਅਤੇ ਸਮਾਜਵਾਦ ਦਾ ਚਾਨਣ ਮੁਨਾਰਾ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਖਾਸ ਕਰ ਕੇ ਸਿੱਖਾਂ ਨੂੰ ਮਹਾਨ ਸਿੱਖ ਗੁਰੂਆਂ ਤੋਂ ਕੁਰਬਾਨੀ ਅਤੇ ਬਹਾਦਰੀ ਦਾ ਜਜ਼ਬਾ ਵਿਰਾਸਤ ਵਿੱਚ ਮਿਲਿਆ ਹੈ, ਜਿਨ੍ਹਾਂ ਨੇ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨਾ ਸਿਖਾਇਆ।

ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਹੈ ਕਿ ਉਹ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਦੀਵੀ ਤੌਰ ‘ਤੇ ਸੰਭਾਲੇ। ਉਨ੍ਹਾਂ ਕਿਹਾ ਕਿ ਇਹ ਦੁਨੀਆ ਭਰ ਦੇ ਲੱਖਾਂ-ਕਰੋੜਾਂ ਲੋਕਾਂ ਦੀ ਇੱਛਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਗੁਰੂ ਸਾਹਿਬ ਦੀ ਸਰਵਉੱਚ ਕੁਰਬਾਨੀ ਅਨੁਸਾਰ ਵੱਡੇ ਪੱਧਰ ਉਤੇ ਮਨਾਇਆ ਜਾਵੇ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਲੱਖਾਂ-ਕਰੋੜਾਂ ਲੋਕਾਂ ਦੀਆਂ ਉਮੀਦਾਂ ਅਨੁਸਾਰ ਸੂਬਾ ਸਰਕਾਰ ਨੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਨਿਮਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੰਜਾਬ ਦੇ ਲੋਕ ਇਸ ਸ਼ਾਨਦਾਰ ਅਤੇ ਪਵਿੱਤਰ ਇਤਿਹਾਸਕ ਮੌਕੇ ਦਾ ਗਵਾਹ ਬਣ ਕੇ ਆਪਣੇ ਆਪ ਨੂੰ ਸਭ ਤੋਂ ਵੱਧ ਭਾਗਸ਼ਾਲੀ ਸਮਝਦੇ ਹਨ।
Stay updated with the latest stories only on Time of Punjab —
       👉 [Punjabi News] | [English News] | [Hindi News] | More News Here »
Share this:
Exit mobile version