Harjot Singh Bains extends greetings to the entire people on the occasion of Khalsa Sajna Diwas and Vaisakhi
ਸ੍ਰੀ ਅਨੰਦਪੁਰ ਸਾਹਿਬ 13 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਮੌਕੇ ਸਮੁੱਚੀ ਲੋਕਾਈ ਵਿੱਚ ਵਸਦੇ ਪੰਜਾਬੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਆਪਣੀ ਵਿਰਾਸਤ, ਇਤਿਹਾਸ ਨਾਲ ਜੋੜਦਾ ਹੈ ਅਤੇ ਸਾਂਝ, ਸੇਵਾ ਤੇ ਸਹਿਯੋਗ ਦਾ ਸੰਦੇਸ਼ ਦਿੰਦਾ ਹੈ।
ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ 1699 ਵਿੱਚ ਵਿਸਾਖੀ ਦੇ ਦਿਨ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕਰਕੇ ਸਮਾਜ ਵਿੱਚ ਨਿਆਂ, ਬਰਾਬਰੀ ਅਤੇ ਹਿੰਮਤ ਦਾ ਨਵਾਂ ਅਧਿਆਇ ਸ਼ੁਰੂ ਕੀਤਾ ਗਿਆ ਸੀ। ਇਹ ਇਤਿਹਾਸ ਸਿੱਖ ਕੌਮ ਲਈ ਮਾਣ ਤੇ ਪ੍ਰੇਰਣਾ ਦਾ ਸਰੋਤ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਾਨੂੰ ਸੱਚ, ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜਿਕ ਬਦਲਾਅ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਨਸ਼ਾ-ਮੁਕਤ, ਸਿੱਖਿਆ ਤੇ ਸੁਚੱਜਾ ਸਮਾਜ ਬਣਾਉਣ ਵਿੱਚ ਹਿੱਸਾ ਲੈਣ।
ਉਨ੍ਹਾਂ ਸਭ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਦਿਹਾੜੇ ਨੂੰ ਮਨਾਉਂਦੇ ਹੋਏ ਅਸੀਂ ਆਪਣੇ ਆਲੇ-ਦੁਆਲੇ ਵਿੱਚ ਪਿਆਰ, ਭਾਈਚਾਰੇ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰੀਏ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀ ਸਾਜਨਾ ਦਾ ਸੰਦੇਸ਼ ਸਦਾ ਲਈ ਸਾਨੂੰ ਨਿਆਂ ਅਤੇ ਸੱਚਾਈ ਦੇ ਰਸਤੇ ’ਤੇ ਤੁਰਨ ਲਈ ਪ੍ਰੇਰਿਤ ਕਰਦਾ ਰਹੇਗਾ।









