ਰੂਪਨਗਰ, 19 ਫਰਵਰੀ: ਸੜਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਲਈ ਢੁੱਕਵੇਂ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ ਜਦਕਿ ਸੜਕਾਂ ’ਤੇ ਦੁਰਘਟਨਾਵਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਇਸ ਲਈ ਸੜਕੀ ਸੁਰੱਖਿਆ ਇਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ ਇਸ ਸਬੰਧੀ ਸੁਚੇਤ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਜ਼ੈਬਰਾ ਕ੍ਰਾਸਿੰਗ ਵੀ ਬਣਾਈ ਜਾਵੇ।
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਹਦਾਇਤ ਕੀਤੀ ਕਿ ਸੜਕ ਕੰਢੇ ਅਣਚਾਹੇ ਬਨਸਪਤੀ ਵਾਧੇ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਸਕੂਲੀ ਬੱਸਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ ਤੇ ਐਕਟ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦਾ ਚਲਾਨ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ ਅਤੇ ਬਲੈਕ ਸਪੋਟ ਏਰੀਏ ’ਚ ਰਿਫ਼ਲੈਕਟਰ ਲਗਾਏ ਜਾਣ। ਹੋਰ ਲੋੜੀਂਦੇ ਉਪਰਾਲੇ ਕੀਤੇ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਾਦਸੇ ਤੋਂ ਬਚਾਅ ਕੀਤਾ ਜਾ ਸਕੇ।
ਉਨ੍ਹਾਂ ਸੜਕਾਂ ਦੇ ਆਵਾਜਾਈ ਨਿਯਮਾਂ ਅਤੇ ਸਕੂਲਾਂ ਦੇ ਆਸ-ਪਾਸ ਸਾਈਨ ਬੋਰਡ ਲਗਾਉਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਸੜਕਾਂ ’ਤੇ ਝੁਕੇ ਹੋਏ ਦਰੱਖਤਾਂ ਨੂੰ ਛਾਂਗਣ, ਟ੍ਰੈਫ਼ਿਕ ਲਾਈਟਾਂ, ਸਪੀਡ ਬ੍ਰੇਕਰ ਆਦਿ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਸੜਕੀ ਹਾਦਸਿਆਂ ਲਈ ਜ਼ਿੰਮੇਵਾਰ ਕਾਰਨਾਂ ਨੂੰ ਦੂਰ ਕਰਨ ਤੇ ਸੜਕੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ, ਮੁੱਖ ਮੰਤਰੀ ਫੀਲਡ ਅਫ਼ਸਰ ਸ਼੍ਰੀ ਅਭਿਮੰਨਿਊ ਮਲਿਕ, ਆਰਟੀਓ ਸ. ਅਰਸ਼ਦੀਪ ਸਿੰਘ ਲੁਬਾਣਾ, ਐਸ.ਡੀ.ਐਮ. ਰੂਪਨਗਰ ਸ. ਬਲਜਿੰਦਰ ਸਿੰਘ ਢਿੱਲੋਂ, ਐਸ.ਡੀ.ਐਮ. ਮੋਰਿੰਡਾ ਸ. ਗੁਰਦੇਵ ਸਿੰਘ ਧੰਮ, ਐਸ.ਡੀ.ਐਮ. ਨੰਗਲ ਸ਼੍ਰੀ ਸਚਿਨ ਪਾਠਕ ਸਮੇਤ ਜ਼ਿਲ੍ਹੇ ਦੇਵਹੋਰ ਉੱਚ ਅਧਿਕਾਰੀ ਹਾਜ਼ਰ ਸਨ।











