Heritage Street to be Built in the Birthplace of Khalsa, Sri Anandpur Sahib, at a Cost of 25 Crore – Harjot Singh Bains

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਤੋਂ ਪਹਿਲਾਂ ਬਦਲੇਗੀ ਗੁਰੂ ਨਗਰੀ ਦੀ ਨੁਹਾਰ – ਕੈਬਨਿਟ ਮੰਤਰੀ
ਸ੍ਰੀ ਅਨੰਦਪੁਰ ਸਾਹਿਬ 24 ਅਗਸਤ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਬਦ ਗੁਰੂ, ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀਆਂ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਦੱਸਿਆ ਕਿ ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਹੈਰੀਟੇਜ ਸਟਰੀਟ ਬਣਾਈ ਜਾਵੇਗੀ, ਜਿਸ ਦੇ ਪਹਿਲੇ ਫ਼ੇਜ਼ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਜਲਦ ਕਰਨਗੇ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਜਾ ਰਹੇ ਇਸ ਪ੍ਰੋਜੈਕਟ ਤਹਿਤ ਮੁੱਖ ਮਾਰਗ ਤੋਂ ਤਖ਼ਤ ਸ੍ਰੀ ਕੇਸਗੜ ਸਾਹਿਬ ਤੱਕ ਜਾਂਦੇ ਰਸਤੇ ਦੀ ਸੰਗਮਰਮਰ ਨਾਲ ਸੁੰਦਰ ਦਿੱਖ ਬਣਾਈ ਜਾਵੇਗੀ ਅਤੇ ਸੁੰਦਰ ਲਾਈਟਾਂ ਨਾਲ ਇਹ ਰਸਤਾ ਰੁਸ਼ਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰੂ ਘਰ ਦੇ ਆਲੇ ਦੁਆਲੇ ਦੀ ਖੂਬਸੂਰਤੀ ਵਧਾਉਣ ਲਈ ਸੁੰਦਰਤਾ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਹੋਰ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੈਰੀਟੇਜ ਸਟਰੀਟ ਵਾਲੇ ਖੇਤਰ ਨੂੰ ਆਵਾਜਾਈ ਮੁਕਤ ਬਣਾਇਆ ਜਾਵੇਗਾ ਤਾਂ ਜੋ ਸੰਗਤਾਂ ਬਿਨਾਂ ਕਿਸੇ ਜਾਮ ਤੋਂ ਪੈਦਲ ਤਖਤ ਸਾਹਿਬ ਵਿਖੇ ਜਾ ਸਕਣ।
ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਅਤੇ ਦੁਨੀਆ ਭਰ ਵਿੱਚ ਵੱਸਦੇ ਸਿੱਖਾਂ ਦੀ ਇਹ ਬਹੁਤ ਪੁਰਾਣੀ ਮੰਗ ਸੀ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਵਰੋਸਾਈ ਮਹਾਨ ਪਵਿੱਤਰ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੈਰੀਟੇਜ ਸਟਰੀਟ ਬਣਾਈ ਜਾਵੇ ਜੋ ਹੁਣ ਪੂਰੀ ਹੋਣ ਜਾ ਰਹੀ ਹੈ। ਉਨਾਂ ਕਿਹਾ ਕਿ ਨਵੰਬਰ ਮਹੀਨੇ ਵਿੱਚ ਹਿੰਦ ਦੀ ਚਾਦਰ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਈ ਜਾ ਰਹੀ ਹੈ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕੀ ਸ਼ਤਾਬਦੀ ਦੇ ਸਮਾਗਮਾਂ ਤੋਂ ਪਹਿਲਾਂ ਪਹਿਲਾਂ ਸ਼ਹਿਰ ਨੂੰ ਸਾਫ ਸੁਥਰਾ ਅਤੇ ਸੁੰਦਰ ਬਣਾਇਆ ਜਾਵੇਗਾ ਅਤੇ ਪੰਜਾਬ ਸਰਕਾਰ ਹਰ ਉਹ ਪ੍ਰਬੰਧ ਮੁਕੰਮਲ ਕਰੇਗੀ, ਜਿਸ ਨਾਲ ਬਾਹਰੋਂ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ ਵੱਖ ਬਜ਼ਾਰਾਂ ਵਿੱਚ ਯੂਨੀਫੋਮ ਬੋਰਡ ਲਗਾ ਕੇ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ।, ਜਿਸ ਨਾਲ ਸੈਰ ਸਪਾਟਾ ਵੀ ਪ੍ਰਫੁੱਲਿਤ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਟੈਂਡਰ ਲੱਗ ਚੁੱਕਾ ਹੈ। ਇਸ ਵਿਕਾਸ ਯੋਜਨਾ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਆਲੇ ਦੁਆਲੇ ਦੀ ਸੁੰਦਰਤਾ ਵਿੱਚ ਹੋਰ ਵਾਧਾ ਹੋਵੇਗਾ ਅਤੇ ਸ਼ਰਧਾਲੂਆਂ ਨੂੰ ਇੱਕ ਸੁਵਿਧਾਜਨਕ ਅਤੇ ਅਨੁਕੂਲ ਮਾਹੌਲ ਵੀ ਪ੍ਰਦਾਨ ਹੋਵੇਗਾ।
Punjabi News
English News
Hindi News
For More News Click here