Sri Anandpur Sahib Development Gains Momentum Under Cabinet Minister Harjot Bains Leadership
ਸ੍ਰੀ ਅਨੰਦਪੁਰ ਸਾਹਿਬ 17 ਅਪ੍ਰੈਲ : ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਪਿਛਲੇ ਲਗਭਗ ਚਾਰ ਸਾਲਾਂ ਦੌਰਾਨ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕੀਤੇ ਗਏ ਹਨ। ਹਲਕੇ ਦੇ ਵਿਧਾਇਕ ਅਤੇ ਪੰਜਾਬ ਦੇ ਨੌਜਵਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਾਰਾ ਕੁਝ ਲੋਕਾਂ ਦੇ ਭਰੋਸੇ ਅਤੇ ਪਿਆਰ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਉਨ੍ਹਾਂ ਨੂੰ ਆਪਣੇ ਪਰਿਵਾਰ ਦਾ ਹਿੱਸਾ ਸਮਝ ਕੇ ਸਹਿਯੋਗ ਦਿੱਤਾ, ਜਿਸ ਕਰਕੇ ਅਨੰਦਪੁਰ ਸਾਹਿਬ ਦੀ ਜਿੱਤ ਪੰਜਾਬ ਦੀਆਂ ਸਭ ਤੋਂ ਵੱਡੀਆਂ ਜਿੱਤਾਂ ਵਿੱਚ ਸ਼ਾਮਲ ਹੋਈ। ਗੁਰੂ ਸਾਹਿਬ ਦੀ ਬਖ਼ਸ਼ਿਸ਼ ਅਤੇ ਮਾਤਾ ਰਾਣੀ ਦੀ ਕਿਰਪਾ ਨਾਲ ਉਹ ਪੰਜਾਬ ਦੇ ਸਭ ਤੋਂ ਨੌਜਵਾਨ ਮੰਤਰੀ ਬਣੇ ਅਤੇ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਲਗਾਤਾਰ ਯਤਨਸ਼ੀਲ ਹਨ।
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਆਮ ਲੋਕਾਂ ਦੀ ਭਲਾਈ ਲਈ ਕਈ ਇਤਿਹਾਸਕ ਫ਼ੈਸਲੇ ਕੀਤੇ ਹਨ। ਸੂਬੇ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਹਰ ਘਰ ਨੂੰ ਵੱਡੀ ਰਾਹਤ ਮਿਲੀ ਹੈ, ਜਿਸ ਨਾਲ ਲੋਕਾਂ ਦੀ ਮਹੀਨਾਵਾਰ ਬਚਤ ਹੋ ਰਹੀ ਹੈ। ਇਸ ਦੇ ਨਾਲ ਹੀ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕਰਕੇ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਅਤੇ ਪੁਲਿਸ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਨਾਲ ਲੋਕਾਂ ਦੀ ਸੁਰੱਖਿਆ ਨੂੰ ਨਵੀਂ ਦਿਸ਼ਾ ਮਿਲੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਨੂੰ ਨਵੀਆਂ ਗੱਡੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਜਿਸ ਨਾਲ ਘਟਨਾਵਾਂ ‘ਤੇ ਤੁਰੰਤ ਕਾਰਵਾਈ ਸੰਭਵ ਹੋਈ ਹੈ। ਕਿਸਾਨਾਂ ਲਈ ਦਿਨ ਦੇ ਸਮੇਂ ਬਿਜਲੀ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਉਨ੍ਹਾਂ ਨੂੰ ਰਾਤਾਂ ਜਾਗਣ ਤੋਂ ਛੁਟਕਾਰਾ ਮਿਲਿਆ ਹੈ। ਇਸ ਦੇ ਨਾਲ ਹੀ ਨਹਿਰੀ ਪਾਣੀ ਅਤੇ ਲਿਫਟ ਇਰੀਗੇਸ਼ਨ ਪ੍ਰੋਜੈਕਟਾਂ ਰਾਹੀਂ ਖੇਤਾਂ ਤੱਕ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਖੇਤੀਬਾੜੀ ਨੂੰ ਵੱਡਾ ਫ਼ਾਇਦਾ ਹੋਵੇਗਾ।
ਸਿੱਖਿਆ ਖੇਤਰ ਵਿੱਚ ਵੀ ਵੱਡੇ ਬਦਲਾਅ ਕੀਤੇ ਜਾ ਰਹੇ ਹਨ। ਕੀਰਤਪੁਰ ਸਾਹਿਬ ਵਿੱਚ ਬਣ ਰਿਹਾ ਸਕੂਲ ਆਫ ਐਮੀਨੈਂਸ ਆਧੁਨਿਕ ਸਕੂਲ ਪੰਜਾਬ ਦੇ ਸਭ ਤੋਂ ਸ਼ਾਨਦਾਰ ਸਕੂਲਾਂ ਵਿੱਚ ਸ਼ਾਮਲ ਹੋਵੇਗਾ, ਜਿਸ ‘ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਬੱਸ ਸੇਵਾ ਅਤੇ ਸੁਰੱਖਿਆ ਗਾਰਡ ਮੁਹੱਈਆ ਕਰਵਾ ਕੇ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਸੁਵਿਧਾਜਨਕ ਮਾਹੌਲ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਹਲਕੇ ਦੀਆਂ ਸੜਕਾਂ ਨੂੰ ਪੱਕਾ ਕਰਨ ਅਤੇ ਨਵੀਆਂ ਸੜਕਾਂ ਬਣਾਉਣ ਦਾ ਕੰਮ ਤੇਜ਼ੀ ਨਾਲ ਜਾਰੀ ਹੈ।
ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਵੀ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਕਈ ਪਿੰਡਾਂ ਵਿੱਚ ਪਹਿਲੀ ਵਾਰ ਵੱਡੇ ਪੁਲਾਂ ਦੀ ਉਸਾਰੀ ਹੋ ਰਹੀ ਹੈ, ਜਿਨ੍ਹਾਂ ‘ਤੇ ਲਗਭਗ 100 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪ੍ਰੋਜੈਕਟ ਨਾ ਸਿਰਫ਼ ਆਵਾਜਾਈ ਨੂੰ ਸੁਚਾਰੂ ਬਣਾਉਣਗੇ, ਸਗੋਂ ਪਿੰਡਾਂ ਦੀ ਆਰਥਿਕ ਤਰੱਕੀ ਵਿੱਚ ਵੀ ਯੋਗਦਾਨ ਪਾਉਣਗੇ। ਲੋਕਾਂ ਨੇ ਇਨ੍ਹਾਂ ਕੰਮਾਂ ਨੂੰ ਦੇਖ ਕੇ ਖੁਸ਼ੀ ਜਤਾਈ ਹੈ ਅਤੇ ਕਿਹਾ ਹੈ ਕਿ ਪਹਿਲਾਂ ਇਹ ਪ੍ਰੋਜੈਕਟ ਅਸੰਭਵ ਲੱਗਦੇ ਸਨ, ਪਰ ਹੁਣ ਹਕੀਕਤ ਬਣ ਰਹੇ ਹਨ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਉਹ ਹਲਕੇ ਦੇ ਹਰ ਇੱਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਵਿਕਾਸ ਦਾ ਇਹ ਸਫ਼ਰ ਅੱਗੇ ਵੀ ਜਾਰੀ ਰਹੇਗਾ।
ਹਲਕੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਛੇ ਮਹੀਨਿਆਂ ਦੇ ਅੰਦਰ ਅਹਿਮ ਪੁਲ ਅਤੇ ਸੜਕ ਪ੍ਰੋਜੈਕਟ ਪੂਰੇ ਕਰਨ ਲਈ ਵਚਨਬੱਧ ਹਨ। ਉਨ੍ਹਾਂ ਦੱਸਿਆ ਕਿ ਹਲਕੇ ਦੀਆਂ ਲਗਭਗ ਸਾਰੀਆਂ ਮੁੱਖ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾ ਚੁੱਕਾ ਹੈ ਅਤੇ ਜਿੱਥੇ ਕੰਮ ਬਾਕੀ ਹੈ, ਉਹ ਵੀ ਜਲਦ ਮੁਕੰਮਲ ਕੀਤਾ ਜਾਵੇਗਾ। ਬੂੰਗਾ ਸਾਹਿਬ ਤੋਂ ਲੈ ਕੇ ਸਰਸਾ ਨੰਗਲ, ਬਿਭੌਰ ਸਾਹਿਬ ਤੋਂ ਸਵਾਮੀਪੁਰ, ਗੰਭੀਰਪੁਰ, ਢੇਰ, ਸੂਰੇਵਾਲ, ਮੰਗਲੂਰ, ਬਣੀ ਅਤੇ ਬੱਢਲ ਸਮੇਤ ਕਈ ਪਿੰਡਾਂ ਦੀਆਂ ਸੜਕਾਂ ਨੂੰ 18 ਫੁੱਟ ਚੌੜਾ ਕਰਕੇ ਲੋਕਾਂ ਲਈ ਆਵਾਜਾਈ ਸੁਗਮ ਬਣਾਈ ਗਈ ਹੈ। ਇਸ ਨਾਲ ਪਿੰਡਾਂ ਨੂੰ ਆਪਸ ਵਿੱਚ ਜੋੜਨ ਦੇ ਨਾਲ ਨਾਲ ਵਿਕਾਸ ਦੀ ਰਫ਼ਤਾਰ ਵਿੱਚ ਵੀ ਤੇਜ਼ੀ ਆਈ ਹੈ।
ਉਨ੍ਹਾਂ ਹੋਰ ਕਿਹਾ ਕਿ ਹਲਕੇ ਵਿੱਚ ਲਗਭਗ 200 ਕਿਲੋਮੀਟਰ ਨਵੀਆਂ ਸੜਕਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ, ਜਿਹੜੀਆਂ ਪਹਿਲਾਂ ਕਦੇ ਨਹੀਂ ਬਣੀਆਂ ਸਨ। ਬਾਕੀ ਰਹਿ ਗਈਆਂ ਸੜਕਾਂ ਨੂੰ ਵੀ ਜਲਦੀ ਪੂਰਾ ਕਰਕੇ ਪੂਰੇ ਹਲਕੇ ਨੂੰ ਸੜਕਾਂ ਦੇ ਮਜ਼ਬੂਤ ਜਾਲ ਨਾਲ ਜੋੜਿਆ ਜਾਵੇਗਾ। ਸ. ਬੈਂਸ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੰਗਾਂ ਸਾਹਿਬ ਤੋਂ ਗੁਰੂ ਘਰ ਤੱਕ ਜਾਣ ਵਾਲੀ ਸੜਕ ਅਤੇ ਪੁਲ ਦਾ ਕੰਮ ਵੀ ਤਰਜੀਹੀ ਅਧਾਰ ‘ਤੇ ਸ਼ੁਰੂ ਕਰਵਾ ਕੇ ਜਲਦ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਜਿੰਮੇਵਾਰੀ ਹੈ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ, ਚਾਹੇ ਇਸ ਲਈ ਕਿਸੇ ਵੀ ਥਾਂ ਤੋਂ ਸੰਸਾਧਨ ਇਕੱਠੇ ਕਰਨੇ ਪੈਣ।
